
ਜੰਡਿਆਲਾ ਗੁਰੂ, 18 ਜੂਨ (ਕੰਵਲਜੀਤ ਸਿੰਘ ਲਾਡੀ) : ਪੰਜਾਬ ਸਰਕਾਰ, ਡੀ.ਜੀ.ਪੀ. ਪੰਜਾਬ ਅਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਜੰਡਿਆਲਾ ਗੁਰੂ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਬਹਾਲ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਡੀ.ਐਸ. ਪੀ. ਰਵਿੰਦਰ ਸਿੰਘ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਹਲਕਾ ਜੰਡਿਆਲਾ ਗੁਰੂ ਵਿੱਚ ਭੈੜੇ ਅਨਸਰਾਂ ਕਰਕੇ ਘਟਨਾਵਾਂ ਵਾਪਰੀਆਂ ਸਨ ਪਰ ਪੁਲਿਸ ਨੇ ਲੱਗਭਗ ਸਾਰੇ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਹੁਣ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਬਸ਼ਰਤੇ ਜਨਤਾ ਨੂੰ ਜਾਗਰੂਕ ਤੇ ਸੁਚੇਤ ਰਹਿ ਕੇ ਪੁਲਿਸ ਦਾ ਸਹਿਯੋਗ ਕੀਤਾ ਜਾਵੇ।
ਡੀ.ਐਸ. ਪੀ. ਰਵਿੰਦਰ ਸਿੰਘ ਨੇ ਆਖਿਆ ਕਿ ਦਿਹਾਤੀ ਪੁਲਿਸ ਕੋਲ ਨਫ਼ਰੀ ਦੀ ਵੱਡੀ ਘਾਟ ਸੀ, ਪਰ ਹੁਣ ਸਾਨੂੰ ਪੁਲਿਸ ਦੀ ਇਕ ਟੁਕੜੀ ਮਿਲ ਗਈ, ਜਿਸ ਤੋਂ ਬਾਅਦ ਹਲਕੇ ਵਿਚ ਵੱਖ-ਵੱਖ ਥਾਂਵਾਂ ‘ਤੇ ਨਾਕਾਬੰਦੀ ਕਰਕੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਅਨਸਰਾਂ ਨੂੰ ਕਾਬੂ ਕਰਨ ਲਈ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਕਾਰਵਾਈ ਦਾ ਮਕਸਦ ਲੋਕਾਂ ਦੇ ਚਲਾਨ ਕੱਟਣਾ ਨਹੀ ਬਲਕਿ ਬਿਨ੍ਹਾਂ ਨੰਬਰੀ ਵਾਹਨਾਂ ਦੀ ਚੈਕਿੰਗ ਕਰਨੀ ਹੈ, ਕਿਉਂਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਲਈ ਜਿੰਮੇਵਾਰ ਨੌਜਵਾਨਾਂ ਨੇ ਬਿਨ੍ਹਾਂ ਨੰਬਰੀ ਮੋਟਰਸਾਈਕਲਾਂ ਦੀ ਹੀ ਵਰਤੋਂ ਕੀਤੀ ਸੀ।
ਡੀ.ਐਸ. ਪੀ. ਰਵਿੰਦਰ ਸਿੰਘ ਨੇ ਜਨਤਾ ਨੂੰ ਅਪੀਲ ਕੀਤੀ ਕਿ ਪੁਲਿਸ ਜਨਤਾ ਦੇ ਸਹਿਯੋਗ ਨਾਲ ਹੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਵਿੱਚ ਸਫਲ ਹੋ ਸਕਦੀ ਹੈ। ਡੀ ਐਸ ਪੀ ਰਵਿੰਦਰ ਸਿੰਘ ਨੇ ਕਿਹਾ ਕਿ ਅਗਰ ਕਿਸੇ ਵੀ ਤਰ੍ਹਾ ਦੇ ਅਣਜਾਣ ਵਿਅਕਤੀ ਤੇ ਸ਼ੱਕ ਲਗਦਾ ਹੈ ਤਾਂ ਪੁਲਿਸ ਨੂੰ ਜਰੂਰ ਸੂਚਿਤ ਕਰੋ।