
ਗੁਰਦਾਸਪੁਰ, 26 ਅਕਤੂਬਰ (ਬਿਊਰੋ) : ਕਸਬਾ ਦੋਰਾਂਗਲਾ ਦੇ ਪਿੰਡ ਤਲਵੰਡੀ ਨੇੜੇ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਟਕਰਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਾਰ ‘ਚ ਸਵਾਰ ਪੰਜ ਨੌਜਵਾਨਾਂ ‘ਚੋਂ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਨੌਜਵਾਨ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਇਹ ਨੌਜਵਾਨ ਗੁਰਦਾਸਪੁਰ ‘ਚ ਪਾਰਟੀ ਕਰ ਕੇ ਵਾਪਸ ਪਰਤ ਰਹੇ ਸਨ। ਮ੍ਰਿਤਕਾਂ ਦੀ ਪਛਾਣ ਰਮਨਜੀਤ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਪਿੰਡ ਮਲੂਕ ਚੱਕ ਅਤੇ ਹਰਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਤਾਜਪੁਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਉਕਤ ਮ੍ਰਿਤਕ ਨੌਜਵਾਨ ਆਪਣੇ ਤਿੰਨ ਦੋਸਤਾਂ ਨਾਲ ਗੁਰਦਾਸਪੁਰ ਸ਼ਹਿਰ ‘ਚ ਪਾਰਟੀ ਕਰਨ ਤੋਂ ਬਾਅਦ ਦੇਰ ਰਾਤ ਆਪਣੇ ਘਰ ਵਾਪਸ ਆ ਰਹੇ ਸੀ। ਜਦੋਂ ਉਨ੍ਹਾਂ ਦੀ ਕਾਰ ਪਿੰਡ ਤਲਵੰਡੀ ਨੇੜੇ ਪੁੱਜੀ ਤਾਂ ਕਾਰ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ਦੇ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।ਜਦਕਿ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਕਾਰ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਨੌਜਵਾਨਾਂ ‘ਚੋਂ ਇਕ ਨੌਜਵਾਨ ਦੋ ਦਿਨਾਂ ਤੱਕ ਫੌਜ ‘ਚ ਭਰਤੀ ਹੋਣਾ ਸੀ, ਜਦਕਿ ਦੂਜਾ ਨੌਜਵਾਨ ਕੁਝ ਦਿਨਾਂ ਬਾਅਦ ਵਿਦੇਸ਼ ਜਾਣ ਵਾਲਾ ਸੀ।ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।













