
ਲੰਬੀ/ਸ਼੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਜਗਦੀਪ ਧਵਨ) : ਪਿੰਡ ਪੱਕੀ ਟਿੱਬੀ, ਕਬਰਵਾਲਾ ਅਤੇ ਗੁਰੂਸਰ ਯੋਧਾ ਵਿੱਚ ਅੱਗ ਲੱਗਣ ਕਾਰਨ ਕਰੀਬ 250 ਏਕੜ ਵਿੱਚ ਖੜੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਕਿਸਾਨਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਅੱਗ ਬਿਜਲੀ ਦੀ ਸਪਾਰਕ ਕਾਰਨ ਲੱਗੀ ਦੱਸੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ।
ਅਮੀਤ ਸਿੰਘ ਖੁੱਡੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਅਤੇ ਸੰਬੰਧਿਤ ਵਿਭਾਗਾਂ ਨੂੰ ਨੁਕਸਾਨ ਦਾ ਅੰਦਾਜ਼ਾ ਲਗਾ ਕੇ ਤੁਰੰਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਨਾਲ ਹੀ ਅੱਗ ਤੋਂ ਬਚਾਅ ਲਈ ਭਵਿੱਖ ਵਿੱਚ ਹੋਰ ਪ੍ਰਬੰਧ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ।
ਇਸ ਮੌਕੇ ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ, ਨਾਇਬ ਤਹਿਸੀਲਦਾਰ ਮਲੋਟ ਹਰਪ੍ਰੀਤ ਕੌਰ, ਵਰਿੰਦਰ ਸਿੰਘ ਪਟਵਾਰੀ, ਅਕਾਸ਼ਦੀਪ ਕੰਬੋਜ ਪਟਵਾਰੀ, ਅੰਗਰੇਜ ਸਿੰਘ, ਬਖਸੀਸ ਸਿੰਘ, ਸੁਖਦੇਵ ਸਿੰਘ, ਗੁਰਲਾਲ ਸਿੰਘ, ਬੁਧ ਸਿੰਘ, ਜਸਪਾਲ ਸਿੰਘ, ਗੋਲਡੀ ਲਵਜੀਤ ਸਿੰਘ ਅਤੇ ਪੀਏ ਲਵਪ੍ਰੀਤ ਚੰਨੂੰ ਹਾਜ਼ਰ ਸਨ।













