ताज़ा खबरपंजाब

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਅਹਿਮ ਮੀਟਿੰਗ

ਇਸ ਵਾਰ 70 ਤੋਂ ਵੱਧ ਵੋਟ ਪ੍ਰਤੀਸ਼ਤਤਾ ਦਾ ਟੀਚਾ ਹਾਸਲ ਕਰਨ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 17 ਫਰਵਰੀ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਵਾਰ 70 ਤੋਂ ਵੱਧ ਵੋਟ ਪ੍ਰਤੀਸ਼ਤਤਾ ਦਾ ਟੀਚਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

 

ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਯਤਨ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਜਿਨ੍ਹਾਂ ਖੇਤਰਾਂ ਵਿੱਚ ਵੋਟ ਪ੍ਰਤੀਸ਼ਤ ਘੱਟ ਸੀ, ਉਨ੍ਹਾਂ ਦੀ ਸ਼ਨਾਖਤ ਕਰਕੇ ਵੋਟ ਪ੍ਰਤੀਸ਼ਤਤਾ ਵਧਾਉਣ ਦਾ ਕੰਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਗਈਆਂ ਪ੍ਰਚਾਰ ਮੋਬਾਈਲ ਵੈਨਾਂ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਸਾਧਨਾਂ ਰਾਹੀਂ ਮਦਦ ਲਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

 

ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੇ ਦਿਨਾਂ ਦੌਰਾਨ ਪ੍ਰਾਪਤ ਹੋਣ ਵਾਲੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹੇ ਸਮੇਂ-ਸਮੇਂ ‘ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਅਤੇ ਹਦਾਇਤਾਂ ਤੋਂ ਜਾਣੂ ਕਰਵਾਉਣ, ਇਸ ਨਾਲ ਸ਼ਿਕਾਇਤਾਂ ‘ਚ ਕਮੀ ਆਵੇਗੀ |

 

ਮੁੱਖ ਚੋਣ ਅਫ਼ਸਰ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹੇ ਦੇ ਅਹਿਮ ਵਿਅਕਤੀਆਂ ਦੀਆਂ ਵੋਟਾਂ ਦੀ ਜਾਂਚ ਕਰਨ ਲਈ ਕਿਹਾ ਕਿ ਉਨ੍ਹਾਂ ਦੀਆਂ ਵੋਟਾਂ ਪਈਆਂ ਹਨ ਜਾਂ ਨਹੀਂ, ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ਼) ਨੂੰ 12 ਤੋਂ 16 ਫਰਵਰੀ ਤੱਕ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ।

 

ਸਿਬਿਨ ਸੀ ਨੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਲੋਕ ਸਭਾ ਚੋਣਾਂ-2024 ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਚੋਣਾਂ ਨਾਲ ਸਬੰਧਤ ਸਾਰੇ ਪਹਿਲੂਆਂ ਦਾ ਜਾਇਜ਼ਾ ਲਿਆ ਅਤੇ ਡਿਪਟੀ ਕਮਿਸ਼ਨਰਾਂ ਤੋਂ ਉਨ੍ਹਾਂ ਦੀ ਫੀਡਬੈਕ ਅਤੇ ਰਾਏ ਲਈ। ਜ਼ਿਆਦਾਤਰ ਡਿਪਟੀ ਕਮਿਸ਼ਨਰਾਂ ਨੇ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਆਖਦਿਆਂ ਭਰੋਸਾ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਅਭਿਜੀਤ ਕਪਲਿਸ਼ ਅਤੇ ਸੀ.ਈ.ਓ. ਦਫ਼ਤਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button