ताज़ा खबरपंजाब

ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ

ਬਾਬਾ ਬਕਾਲਾ ਸਾਹਿਬ23 ਜੁਲਾਈ (ਸੁਖਵਿੰਦਰ ਬਾਵਾ) : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਰਈਆ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲ ਸਰਾਏ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ ਗਏ।

ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਯੂਥ ਆਗੂ ਪ੍ਰਧਾਨ ਰਣਧੀਰ ਸਿੰਘ, ਹਲਕਾ ਸਿੱਖਿਆ ਕੋਆਰਡੀਨੇਟਰ ਪਰਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸਕੱਤਰ ਜੋਬਨ ਜੈਲਦਾਰ, ਜ਼ਿਲ੍ਹਾ ਮੀਤ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਅਰਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ `ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭੇਜੇ ਗਏ ਇਹ ਬੈਗ ਵਿਦਿਆਰਥੀਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਲਾਹੇਵੰਦ ਸਾਬਤ ਹੋਣਗੇ।

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਸਦਕਾ ਪੰਜਾਬ ਅੱਜ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਬੱਚੇ ਨੂੰ ਮਿਆਰੀ ਅਤੇ ਬਰਾਬਰੀ ਦੇ ਮੌਕੇ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ।

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਫ਼ਲ, ਖ਼ੁਸ਼ਹਾਲ ਅਤੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ।

Show More

Related Articles

Leave a Reply

Your email address will not be published. Required fields are marked *

Back to top button