
ਬਾਬਾ ਬਕਾਲਾ ਸਾਹਿਬ 21ਮਈ (ਸੁਖਵਿੰਦਰ ਬਾਵਾ) : ਪੰਜਾਬ ਸਰਕਾਰ ਵਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ,ਜਿਸ ਤੋ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੇ ਸ਼ਹਿਰ,ਪਿੰਡ ਨੂੰ ਨਸ਼ਾ ਮੁਕਤ ਬਣਾਉਨ ਲਈ ਇਕਜੁੱਟ ਹੋ ਚੁੱਕੇ ਹਨ। ਹਲਕਾ ਬਾਬਾ ਬਕਾਲਾ ਵਿਖੇ ਪਿੰਡ ਮਦੇਪੁਰ, ਪਿੰਡ ਬਾਣੀਆਂ ਅਤੇ ਧੂਲਕਾ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦਿਆ ਵਿਧਾਇਕ ਸ: ਦਲਬੀਰ ਸਿੰਘ ਟੌਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ।
ਵਿਧਾਇਕ ਸ: ਦਲਬੀਰ ਸਿੰਘ ਟੌਗ ਨਸ਼ਾ ਮੁਕਤੀ ਯਾਤਰਾ ਨੂੰ ਸੰਬੋਧਨ ਕਰਦੇ ਹੋਏ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਤੋਂ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ। ਇਸ ਮੌਕੇ ਸਰਪੰਚ ਬੁਟਾਰੀ ਰਿੰਕੂ, ਸਰਪੰਚ ਮਦੇਪੁਰ ਸ: ਕੁਲਵੰਤ ਸਿੰਘ, ਸਰਪੰਚ ਧੂਲਕਾ ਸ: ਵਰਿੰਦਰ ਸਿੰਘ, ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਐਸ.ਐਚ.ਓ ਬਿਕਰਮਦੀਪ ਸਿੰਘ, ਸਰਪੰਚ ਸਰਵਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾ਼ਜਰ ਸਨ।