
ਜੰਡਿਆਲਾ ਗੁਰੂ, 11 ਸਤੰਬਰ (ਕੰਵਲਜੀਤ ਸਿੰਘ ਲਾਡੀ) : ਸੂਬੇ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਹੀ ਪੰਜਾਬ ਨੂੰ ਵਿਕਾਸ ਦੇ ਰਸਤੇ ਉੱਪਰ ਤੇਜੀ ਨਾਲ ਲਿਜਾਣ ਦੇ ਸਮਰੱਥ ਹੈ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਤੇ ਜਿਲ੍ਹਾ ਪ੍ਰਧਾਨ ਭਾਜਪਾ ਦਿਹਾਤੀ ਹਰਦੀਪ ਸਿੰਘ ਗਿੱਲ ਇੰਚਾਰਜ ਹਲਕਾ ਜੰਡਿਆਲਾ ਗੁਰੂ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਅਕਾਲਗੜ ਢਪਈਆਂ ਤੋਂ ਸ਼੍ਰੋਮਣੀ ਅਕਾਲੀ ਦਲ( ਅੰਮ੍ਰਿਤਸਰ) ਹਲਕਾ ਜੰਡਿਆਲਾ ਗੁਰੂ ਦੇ ਜਨਰਲ ਸਕੱਤਰ ਸ. ਕੰਵਲਜੀਤ ਸਿੰਘ ਅਤੇ ਮੌਜੂਦਾ ਮੈਂਬਰ ਪੰਚਾਇਤ ਸ. ਹਰਭਜਨ ਸਿੰਘ ਸਰਕਾਰੀਆ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਸਮੇਂ ਕੀਤਾ।
ਸਥਾਨਕ ਕਸਬਾ ਜੰਡਿਆਲਾ ਗਰੂ ਵਿਖੇ ਸਾਬਕਾ ਵਿਧਾਇਕ ਸ. ਮਨਜੀਤ ਸਿੰਘ ਮੰਨਾ ਮੀਆਂਵਿੰਡ ਅਤੇ ਹਰਦੀਪ ਗਿੱਲ ਵੱਲੋਂ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀਆਂ ਸਤਿਕਾਰਯੋਗ ਸ਼ਖਸੀਅਤਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਹਰਦੀਪ ਗਿੱਲ ਨੇ ਕਿਹਾ ਕਿ ਜਿਲ੍ਹੇ ਅੰਦਰ ਭਾਜਪਾ ਦਾ ਗ੍ਰਾਫ ਦਿਨੋ ਦਿਨ ਵੱਧ ਰਿਹਾ ਹੈ ਕਿਉਂਕਿ ਪੰਜਾਬ ਦਾ ਭਲਾ ਸੋਚਣ ਵਾਲੇ ਲੋਕ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਉਹ ਦਿਨ ਵੀ ਦੂਰ ਨਹੀਂ ਹੈ ਜਦੋਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਹਰਮਨ ਹੋਣ ਦਾ ਸਭ ਤੋਂ ਵੱਡਾ ਸਬੂਤ ਇਹ ਹੈ ਕਿ ਹਰ ਇੱਕ ਸਿਆਸੀ ਧਿਰ ਭਾਜਪਾ ਦਾ ਭੰਡੀ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ ਕਿਉਂਕਿ ਇਨ੍ਹਾਂ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਪੰਜਾਬ ਵਾਸੀਆਂ ਨੇ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।
ਪ੍ਰਧਾਨ ਹਰਦੀਪ ਗਿੱਲ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੱਸਦੇ ਲੋਕਾਂ ਲਈ 1600 ਕਰੋੜ ਰੁਪਏ ਦੀ ਰਾਹਤ ਰਾਸ਼ੀ ਦੇਣਾ ਇਸ ਗੱਲ ਦਾ ਸਬੂਤ ਹੈ ਕਿ ਭਾਜਪਾ ਤੇ ਕੇਂਦਰ ਦੀ ਸਰਕਾਰ ਪੰਜਾਬ ਨੂੰ ਤਰੱਕੀ ਦੇ ਰਸਤੇ ’ਤੇ ਪਾਉਣਾ ਚਾਹੁੰਦੇ ਹਨ ਲੇਕਿਨ ਸੂਬੇ ਦੀ ਆਪ ਸਰਕਾਰ ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਨਾਲ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਕਦੇ ਵੀ ਸਫਲ ਨਹੀਂ ਹੋਵੇਗੀ।
ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਹਰਦੀਪ ਗਿੱਲ ਤੇ ਮੰਨਾ ਨੇ ਵਿਸ਼ਵਾਸ ਦਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਗਰੂਪ ਸਿੰਘ ਵਡਾਲੀ ਤੇ ਸਰਬਜੀਤ ਸਿੰਘ ਵਡਾਲੀ ਵੀ ਹਾਜ਼ਰ ਸਨ।













