
ਬਿਆਸ, 22 ਜਨਵਰੀ ( ਸੁਖਵਿੰਦਰ ਬਾਵਾ) : ਆਮ ਆਦਮੀ ਪਾਰਟੀ ਦੇ ਬਾਬਾ ਬਕਾਲਾ ਹਲਕੇ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਆਪਣੇ ਦਫ਼ਤਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮਿਲ ਕੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਦੀ ਲਾਂਚਿੰਗ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਅਹੁਦੇਦਾਰਾਂ, ਵਲੰਟੀਅਰਾਂ ਅਤੇ ਇਲਾਕਾ ਨਿਵਾਸੀਆਂ ਨੇ ਇੱਕ-ਦੂਜੇ ਨੂੰ ਮੂੰਹ ਮਿੱਠਾ ਕਰਵਾਉਂਦਿਆਂ ਵਧਾਈਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਕੋਈ ਵੀ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਸ: ਟੌਂਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਤੋਂ ਇਸ ਯੋਜਨਾ ਦਾ ਸਰਕਾਰੀ ਤੌਰ ‘ਤੇ ਸ਼ੁਰੂਆਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਚੱਲ ਰਹੀਆਂ ਸਿਹਤ ਯੋਜਨਾਵਾਂ ਵਿੱਚ ਸਿਰਫ਼ 5 ਲੱਖ ਰੁਪਏ ਤੱਕ ਦੀ ਹੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਇਸ ਰਕਮ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਿਵਾਸੀ ਦਾ ਅਧਿਕਾਰ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਇਸਦੇ ਲਾਭ ਤੋਂ ਵੰਚਿਤ ਨਹੀਂ ਰੱਖਿਆ ਜਾਵੇਗਾ। ਇਸ ਯੋਜਨਾ ਅਧੀਨ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਤਰ੍ਹਾਂ ਦੇ ਐਮਪੈਨਲ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਜਾ ਸਕੇਗਾ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਸ: ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਿਹਤ ਖੇਤਰ ਵਿੱਚ ਪੰਜਾਬ ਲਈ ਇੱਕ ਕ੍ਰਾਂਤੀਕਾਰਕ ਕਦਮ ਸਾਬਤ ਹੋਵੇਗੀ, ਜਿਸ ਨਾਲ ਹਰ ਪਰਿਵਾਰ ਨੂੰ ਗੁਣਵੱਤਾ ਭਰਪੂਰ ਅਤੇ ਮੁਫ਼ਤ ਇਲਾਜ ਦੀ ਪੂਰੀ ਗਰੰਟੀ ਮਿਲੇਗੀ।














