
ਕਪੂਰਥਲਾ, 20 ਫਰਵਰੀ (ਗੌਰਵ ਮੜੀਆ) : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਨੇ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ ਨੂੰ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਸੌਂਪਿਆਂ | ਜਿਸ ਵਿਚ ਮੰਗ ਕੀਤੀ ਗਈ ਕਿ ਪੰਜਾਬ ਦੇ ਕਿਸਾਨਾਂ ਨੂੰ ਆਲੂ ਦਾ ਘੱਟੋ ਘੱਟ ਭਾਅ 1200 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕਰਕੇ ਇਸਦੀ ਸਰਕਾਰੀ ਖ਼ਰੀਦ ਦਾ ਪ੍ਰਬੰਧ ਕੀਤਾ ਜਾਵੇ, ਆਲੂ ਉਤਪਾਦਕਾਂ ਨਾਲ 1000 ਰੁਪਏ ਪ੍ਰਤੀ ਕੁਇੰਟਲ ਆਲੂ ਦੀ ਖ਼ਰੀਦ ਕਰਨ ਦਾ ਕੰਟਰੈਕਟ ਕਰਕੇ ਮੁੱਕਰਨ ਵਾਲੀਆਂ ਕੰਪਨੀਆਂ ਵਿਰੁੱਧ ਸਖ਼ਤ ਕੀਤੀ ਜਾਵੇ | ਤੇ ਹੋਰ ਮੰਗਾਂ ਤੇ ਜੋਰ ਦਿੱਤਾ ਗਿਆ |
ਕਿਸਾਨ ਆਗੂਆਂ ਨੇ ਕਿਹਾ ਕਿ ਲਾਗਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਹੀ ਭਾਅ ਲਹੀਂ ਮਿਲ ਰਿਹਾ ਜਿਸ ਕਾਰਨ ਆਲੂ ਉਤਪਾਦਕਾਂ ਨੂੰ ਲਗਭਗ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਘਾਟਾ ਪੈ ਰਿਹਾ ਹੈ | ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਜ਼ੋਰ ਦੇ ਕਿ ਕਿਹਾ ਕਿ ਦੋਆਬਾ ਖੇਤਰ ਵਿਚ ਆਲੂ ਤੇ ਸਬਜ਼ੀਆਂ ਦੀ ਕਾਸ਼ਤ ਨੂੰ ਮੁੱਖ ਰੱਖਦਿਆਂ ਜਨਤਕ ਖੇਤਰ ਵਿਚ ਪ੍ਰੋਸੈਸਿੰਗ ਪਲਾਂਟ ਲਗਾਉਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਜਾਵੇ, ਵਾਹਗਾ ਤੇ ਅਟਾਰੀ ਬਾਰਡਰ ਰਾਹੀਂ ਵਪਾਰ ਲਾਂਘਾ ਖੁਲਾਇਆ ਜਾਵੇ | ਕਿਸਾਨਾਂ ਨੂੰ ਪਹਿਲਾਂ ਹੜ੍ਹਾਂ ਦੀ ਮਾਰ ਪਈ ਹੈ ਇਸ ਲਈ ਸਰਕਾਰ ਨੂੰ ਇਸ ਔਖੀ ਘੜੀ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਤੇ ਜਿਹੜੀਆਂ ਕੁੱਝ ਕੰਪਨੀਆਂ ਕਿਸਾਨਾਂ ਨਾਲ ਕੰਟਰੈਕਟ ਕਰਕੇ ਹੁਣ ਭੱਜ ਰਹੀਆਂ ਹਨ ਉਨ੍ਹਾਂ ਵਿਰੁੱਧ ਫ਼ੌਜਦਾਰੀ ਕੇਸ ਦਰਜ ਕਰਕੇ ਉਨ੍ਹਾਂ ਨੂੰ ਮਿਸਾਲੀ ਸਜਾ ਦਿੱਤੀ ਜਾਵੇ |

ਇਸ ਮੌਕੇ ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਅਮਰਜੀਤ ਸਿੰਘ ਟਿੱਬਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਰਸ਼ਪਾਲ ਸਿੰਘ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ ਪੰਜਾਬ, ਬਲਵਿੰਦਰ ਸਿੰਘ ਭੁੱਲਰ ਪ੍ਰਧਾਨ ਤੇ ਤਰਸੇਮ ਸਿੰਘ ਬੰਨੇਮਲ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ ਆਦਿ ਕਿਸਾਨਆਗੂ ਹਾਜ਼ਰ ਸਨ।













