
ਕਪੂਰਥਲਾ, 23 ਅਪ੍ਰੈਲ (ਗੌਰਵ ਮੜੀਆ) : ਸੂਬੇ ਵਿੱਚ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤਾਂ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਬਣ ਰਹੀ ਜ਼ੋਰਦਾਰ ਲਹਿਰ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਕਰ ਦਿੱਤੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸੂਬਾ ਜਨਰਲ ਸਕੱਤਰ ਧਰਮਿੰਦਰਕੁਮਾਰ ਟੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਧਰਮਿੰਦਰ ਟੋਨੀ ਨੇ ਕਿਹਾ ਕਿ ਆਪ ਸਰਕਾਰ ਦੇ ਲਗਾਤਾਰ ਝੂਠੇ ਵਾਅਦਿਆਂ ਅਤੇ ਅਸਫਲ ਨੀਤੀਆਂ ਕਾਰਨ ਲੋਕ ਭਾਰੀ ਨਿਰਾਸ਼ਾ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਬਦਲਾਅ ਦੇ ਮੂਡ ਵਿੱਚ ਹਨ।ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਮਜ਼ਬੂਤ ਫਤਵਾ ਦੇਣਗੇ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਭਰ ਵਿੱਚ ਰੈਲੀਆਂ ਵਿੱਚ ਵੱਡੇ ਇਕੱਠ ਅਕਾਲੀ ਦਲ ਦੀ ਲਗਾਤਾਰ ਵਧ ਰਹੀ ਲੋਕਪ੍ਰਿਅਤਾ ਦਾ ਸਬੂਤ ਹਨ।ਧਰਮਿੰਦਰ ਟੋਨੀ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਾਂ,ਨਸ਼ਾ ਤਸਕਰਾਂ ਅਤੇ ਅਪਰਾਧੀ ਅਨਸਰਾਂ ਦੇ ਹੌਂਸਲੇ ਦਿਨੋ-ਦਿਨ ਵਧ ਰਹੇ ਹਨ,ਜਦੋਂ ਕਿ ਆਮ ਲੋਕ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਜੀ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਰਾਜਨੀਤਿਕ ਪਾਰਟੀ ਹੈ ਜਿਸ ਕੋਲ ਸੂਬੇ ਵਿੱਚ ਕਾਨੂੰਨ ਵਿਵਸਥਾ ਬਹਾਲ ਕਰਨ,ਨਸ਼ਿਆਂ ਨੂੰ ਖਤਮ ਕਰਨ ਅਤੇ ਲੋਕਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਲਈ ਮਜਬੂਤ ਅਤੇ ਠੋਸ ਨੀਤੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਬਚਾਓ, ਸੁਖਬੀਰ ਬਾਦਲ ਨੂੰ ਲਿਆਓ ਮੁਹਿੰਮ ਤਹਿਤ ਅਕਾਲੀ ਦਲ ਨੇ ਇੱਕ ਮੁਹਿੰਮ ਸ਼ੁਰੂ ਕੀਤੀ ਹੈ।ਇਹ ਸੰਕਲਪ ਲਿਆ ਗਿਆ ਹੈ ਕਿ ਜੇਕਰ ਪਾਰਟੀ 2027 ਵਿੱਚ ਸਰਕਾਰ ਬਣਾਉਂਦੀ ਹੈ ਤਾਂ ਪੰਜਾਬ ਦੇ ਜਲ ਸਰੋਤਾਂ ਨੂੰ ਸੂਬੇ ਦੇ ਹਿੱਤ ਲਈ ਵਰਤਿਆ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਭਰੋਸਾ ਰੱਖ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ।ਪਾਰਟੀ ਦੇ ਭਵਿੱਖ ਦੇ ਏਜੰਡੇ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਸਰਕਾਰ ਬਣਾਉਂਦਾ ਹੈ ਤਾਂ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਬਿਜਲੀ ਕੁਨੈਕਸ਼ਨ ਦਿੱਤੇ ਜਾਣਗੇ, ਫਸਲ ਖਰੀਦ ਪ੍ਰਣਾਲੀ ਨੂੰ ਹੋਰ ਭਰੋਸੇਯੋਗ ਬਣਾਇਆ ਜਾਵੇਗਾ,ਬੇਰੁਜ਼ਗਾਰ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਵਿਆਜ ਮੁਕਤ ਕਰਜ਼ੇ ਦਿੱਤੇ ਜਾਣਗੇ,ਬਜ਼ੁਰਗਾਂ ਨੂੰ 3,100 ਰੁਪਏ ਮਹੀਨਾਵਾਰ ਪੈਨਸ਼ਨ ਮਿਲੇਗੀ ਅਤੇ ਧੀਆਂ ਨੂੰ ਸ਼ਗਨ ਸਕੀਮ ਤਹਿਤ 1 ਲੱਖ ਰੁਪਏ ਦੀ ਸਹਾਇਤਾ ਮਿਲੇਗੀ।ਇਸ ਤੋਂ ਇਲਾਵਾ,ਸਸਤੀਆਂ ਦਰਾਂ ਤੇ ਅਨਾਜ ਮੁਹੱਈਆ ਕਰਵਾਉਣਾ,ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣਾ ਅਤੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਸਹਾਇਤਾ ਪ੍ਰਦਾਨ ਕਰਨ ਵਰਗੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਪੂਰੀ ਤਾਕਤ ਨਾਲ ਲੜੇਗਾ ਅਤੇ ਆਪਣੇ ਵਿਰੋਧੀਆਂ ਨੂੰ ਢੁਕਵਾਂ ਜਵਾਬ ਦੇਵੇਗਾ।













