ताज़ा खबरपंजाब

ਪੰਜਾਬ ‘ਚ ਵੱਡੀ ਵਾਰਦਾਤ : ਅਕਾਲੀ ਆਗੂ ‘ਤੇ ਅੰਨ੍ਹੇਵਾਹ ਫਾਇਰਿੰਗ, ਹਾਲਤ ਗੰਭੀਰ

ਮਾਨਸਾ/ਬਰੇਟਾ, 14 ਜੁਲਾਈ (ਜਗਦੀਪ ਧਵਨ) : ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਮਾਨਸਾ ਦੇ ਕਸਬਾ ਬਰੇਟਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੇਖੌਫ਼ ਬਦਮਾਸ਼ਾਂ ਵੱਲੋਂ ਇੱਕ ਅਕਾਲੀ ਆਗੂ ‘ਤੇ ਸ਼ਰੇਆਮ ਫਾਇਰਿੰਗ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਦੀ ਕੋਸ਼ਿਸ਼ ਕੀਤੀ ਗਈ। ਗੋਲੀ ਲੱਗਣ ਕਾਰਨ ਇਹ ਅਕਾਲੀ ਲੀਡਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ, ਜਿਸ ਦੀ ਪਛਾਣ ਕਾਲਾ ਜਵੰਦਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਅਕਾਲੀ ਆਗੂ ਕਾਲਾ ਜਵੰਦਾ ਦੁਕਾਨ ਵਿੱਚ ਮੌਜੂਦ ਸੀ। ਇਸੇ ਦੌਰਾਨ ਅਚਾਨਕ ਆਏ ਹਥਿਆਰਬੰਦ ਬਦਮਾਸ਼ਾਂ ਨੇ ਦੁਕਾਨ ਦੇ ਅੰਦਰ ਵੜ ਕੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਦੌਰਾਨ ਕਾਲਾ ਜਵੰਦਾ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜਣ ਵਿੱਚ ਕਾਮਯਾਬ ਰਿਹਾ, ਪਰ ਬਦਮਾਸ਼ਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਉਸ ਨੂੰ ਲੱਗ ਗਈਆਂ, ਜਿਸ ਕਾਰਨ ਉਹ ਖ਼ੂਨ ਨਾਲ ਲੱਥਪੱਥ ਹੋ ਗਿਆ।

 

ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਸਫ਼ਲ ਹੋ ਗਏ। ਜ਼ਖਮੀ ਅਕਾਲੀ ਆਗੂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਉਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਵਾਰਦਾਤ ਦੀਆਂ ਕੁਝ ਤਸਵੀਰਾਂ ਅਤੇ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਇੱਕ ਸ਼ਖਸ ਜਾਨ ਬਚਾਉਣ ਲਈ ਭੱਜਦਾ ਦਿਖਾਈ ਦੇ ਰਿਹਾ ਹੈ, ਜਿਸ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਨੂੰ ਸੀਲ ਕਰਕੇ ਫਰਾਰ ਬਦਮਾਸ਼ਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

Show More

Related Articles

Leave a Reply

Your email address will not be published. Required fields are marked *

Back to top button