
ਬਾਬਾ ਬਕਾਲਾ, 19 ਜੁਲਾਈ (ਸੁਖਵਿੰਦਰ ਬਾਵਾ) : ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਲਈ ਚੁਣੀਆਂ ਗਈਆਂ 13 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾਂ ਕਿ ਸਰਕਾਰ ਦਾ ਮੰਤਵ ਹਰ ਯੋਗ ਨੌਜਵਾਨ ਨੂੰ ਉਸਦੀ ਮਿਹਨਤ ਅਤੇ ਕਾਬਲੀਅਤ ਦੇ ਆਧਾਰ ‘ਤੇ ਬਰਾਬਰ ਦਾ ਮੌਕਾ ਦੇਣਾ ਹੈ, ਜਿਸ ਨਾਲ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਵਿਧਾਇਕ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ।
ਉਨ੍ਹਾਂ ਕਿਹਾਂ ਕਿ ਆਂਗਣਵਾੜੀ ਵਰਕਰ ਸਮਾਜ ਦੇ ਸਭ ਤੋਂ ਮਹੱਤਵਪੂਰਨ ਵਰਗਾਂ—ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ—ਤੱਕ ਪੋਸ਼ਣ ਅਤੇ ਸਿਹਤ ਸਬੰਧੀ ਸਰਕਾਰੀ ਯੋਜਨਾਵਾਂ ਦੇ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਇਸ ਮੌਕੇ ਬਲਾਕ ਰਈਆ ਦੇ ਸੀ.ਡੀ.ਪੀ.ਓ. ਜਸਪ੍ਰੀਤ ਸਿੰਘ, ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਪ੍ਰਧਾਨ ਸੰਜੀਵ ਕੁਮਾਰ ਭੰਡਾਰੀ, ਬਲਾਕ ਪ੍ਰਧਾਨ ਸ਼ੁਭਕਰਮਜੀਤ ਸਿੰਘ ਭਿੰਡਰ, ਸਰਪੰਚ ਗੁਰਚਰਨ ਸਿੰਘ ਰਾਣਾਂ ਕਾਲੇਕੇ, ਬਲਾਕ ਪ੍ਰਧਾਨ ਅਤੇ ਸਰਪੰਚ ਫਲਵਿੰਦਰ ਸਿੰਘ ਚੀਮਾਂ, ਡਾਕਟਰ ਸਰਬਜੀਤ ਸਿੰਘ ਧੂਲਕਾ, ਗੁਰਸਾਹਿਬ ਸਿੰਘ ਗਿੱਲ, ਆਦਿ ਹਾਜ਼ਰ ਸਨ।










