
ਜਲੰਧਰ 11 ਅਗਸਤ (ਇੰਦਰਜੀਤ ਸਿੰਘ) : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਈਕਮਾਂਡ ਵੱਲੋਂ ਪਾਰਟੀ ਸੰਗਠਨ ਵਿੱਚ ਨਵੇਂ ਰੂਪ ਅਤੇ ਮਜ਼ਬੂਤੀ ਲਿਆਉਣ ਦੇ ਉਦੇਸ਼ ਨਾਲ ਅੰਮ੍ਰਿਤਬੀਰ ਸਿੰਘ ਨੂੰ ਦੂਜੀ ਵਾਰ ਜ਼ਿਲ੍ਹਾ ਜਲੰਧਰ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਦੀ ਲੀਡਰਸ਼ਿਪ ਨੇ ਅੰਮ੍ਰਿਤਬੀਰ ਸਿੰਘ ਦੀਆਂ ਪਾਰਟੀ ਪ੍ਰਤੀ ਬੇਮਿਸਾਲ ਸੇਵਾਵਾਂ, ਇਮਾਨਦਾਰੀ ਅਤੇ ਨੌਜਵਾਨਾਂ ਵਿੱਚ ਉਨ੍ਹਾਂ ਦੇ ਪ੍ਰਭਾਵ ਨੂੰ ਦੇਖਦਿਆਂ ਇਹ ਫੈਸਲਾ ਲਿਆ ਹੈ।
ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ. ਅੰਮ੍ਰਿਤਬੀਰ ਸਿੰਘ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਮੈਂ ਹਾਈਕਮਾਂਡ ਦਾ ਅਤਿ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੇ ਉੱਤੇ ਦੂਜੀ ਵਾਰ ਵਿਸ਼ਵਾਸ ਪ੍ਰਗਟਾਇਆ ਹੈ। ਮੈਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਲੰਧਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਦਿਨ-ਰਾਤ ਮਿਹਨਤ ਕਰਾਂਗਾ।”
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਯੂਥ ਅਕਾਲੀ ਦਲ ਪੰਜਾਬ ਅਤੇ ਜ਼ਿਲ੍ਹਾ ਜਲੰਧਰ ਵਿੱਚ ਅਹਿਮ ਭੂਮਿਕਾ ਨਿਭਾਏਗਾ। ਨੌਜਵਾਨਾਂ ਦੇ ਮੁੱਦਿਆਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ।
ਇਸ ਨਿਯੁਕਤੀ ‘ਤੇ ਜ਼ਿਲ੍ਹਾ ਜਲੰਧਰ ਦੇ ਸਮੁੱਚੇ ਅਕਾਲੀ ਆਗੂਆਂ ਅਤੇ ਯੂਥ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਵਰਕਰਾਂ ਨੇ ਸ. ਅੰਮ੍ਰਿਤਵੀਰ ਸਿੰਘ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਅਤੇ ਆਸ਼ਾ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਯੂਥ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ।










