
ਜਲੰਧਰ, 25 ਅਕਤੂਬਰ (ਕਬੀਰ ਸੌਂਧੀ) : ਕਰਨੈਲ ਸਿੰਘ, ਏਸੀਪੀ ਨੌਰਥ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਮਿਤੀ 20 ਨੂੰ ਓਮਬੀਰ ਪੁੱਤਰ ਨਰਿੰਦਰ, ਵਾਸੀ ਨੰਦਨਪੁਰ ਰੋਡ, ਮਕਸੂਦਾਂ ਦੀ ਮੌਤ ਹੋ ਗਈ ਸੀ। ਇਸ ਸਬੰਧੀ ਪਹਿਲਾਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਹੁਣ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਹੋਰ ਮੋਹਤਬਰ ਵਿਅਕਤੀ ਥਾਣਾ ਡਵੀਜ਼ਨ ਨੰਬਰ 1 ਵਿਖੇ ਪਹੁੰਚੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਨੂੰ ਮੋਬਾਈਲ ਫ਼ੋਨ ਰਾਹੀਂ ਇੱਕ ਸੁਸਾਈਡ ਨੋਟ ਮਿਲਿਆ ਸੀ। ਇਸ ਸਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਡਵੀਜ਼ਨ ਨੰਬਰ 1 ਵਿਖੇ ਧਾਰਾ 108 BNS ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਾਮਲੇ ਵਿੱਚ ਜਿਨ੍ਹਾਂ ਵਿਅਕਤੀਆਂ ਵਿਰੁੱਧ ਦੋਸ਼ ਲਗਾਏ ਗਏ ਹਨ, ਉਨ੍ਹਾਂ ਸਬੰਧੀ ਪੁਲਿਸ ਵੱਲੋਂ ਪੂਰੀ ਤਨਦੇਹੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਨਾਲ ਸਬੰਧਤ ਸਾਰੇ ਸਬੂਤ ਇਕੱਠੇ ਕਰਕੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।










